ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਸ਼ੁਰੂ

On: 5 April, 2017

ਹੁਣ ਤੱਕ ੧੩੦੩ ਟਨ ਕਣਕ ਦੀ ਆਮਦ
   ਪਟਿਆਲਾ, ੫ ਅਪ੍ਰੈਲ: (ਧਰਮਵੀਰ ਨਾਗਪਾਲ) ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ੧੦੮ ਮੰਡੀਆਂ ਵਿੱਚੋਂ ੮ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ।
       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ੮ ਮੰਡੀਆਂ ਵਿੱਚ ਅੱਜ ੧੩੫ ਟਨ ਕਣਕ ਦੀ ਆਮਦ ਹੋਈ ਹੈ ਅਤੇਂ ੨ ਮੰਡੀਆਂ ਵਿੱਚੋਂ ਕਣਕ ਖਰੀਦੀ ਗਈ ਹੈ। ਉਹਨਾਂ ਦੱਸਿਆ ਕਿ ਇਸ ਸਾਲ ੮੫੯੧੩੨ ਮੀਟਰਕ ਟਨ ਕਣਕ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ। ਜਦੋਂ ਕਿ ਪਿਛਲੇ ਸਾਲ ੮ ਲੱਖ ੫੮ ਹਜ਼ਾਰ ੬੮੦ ਮੀਟਰਕ ਟਨ ਕਣਕ ਮੰਡੀਆਂ ਵਿੱਚ ਆਈ ਸੀ।
     ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ 'ਚ ਅੱਜ ਸਿਰਫ ੧੩੫ ਟਨ ਕਣਕ ਦੀ ਆਮਦ ਹੋਈ ਹੈ ਅਤੇ ਹੁਣ ਤੱਕ ਕੁਲ ੧੩੦੩ ਟਨ ਹੀ ਕਣਕ ਮੰਡੀਆਂ ਵਿੱਚ ਆਈ ਹੈ। ਉਹਨਾਂ ਕਿਹਾ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਣਕ ਦਾ ਮੁੱਲ ੧੬੨੫ ਰੁਪਏ ਪ੍ਰਤੀ ਕੁਇੰਟਲ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ੪੫੨ ਟਨ ਕਣਕ ਦੀ ਖਰੀਦ ਹੋਈ ਹੈ ਜਿਸ ਵਿੱਚੋਂ ਪਨਗਰੇਨ ਵੱਲੋਂ ੨ ਟਨ, ਵੇਅਰ ਹਾਊਸ ਵੱਲੋਂ ੫੦ ਟਨ ਜਦਕਿ ਵਪਾਰੀਆਂ ਨੇ ੪੦੦ ਟਨ ਕਣਕ ਦੀ ਖਰੀਦ ਕੀਤੀ ਹੈ।

Section: